ਲੁਧਿਆਣਾ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਹਲਕਾ ਖੰਨਾ ਦੇ ਪਿੰਡ ਭੁਮੱਦੀ ਵਿਖੇ ਪਹੁੰਚ ਕੇ ਯੂ.ਪੀ.ਐੱਸ.ਸੀ ਪ੍ਰੀਖਿਆ ਪਾਸ ਕਰਕੇ ਆਈ.ਏ.ਐਸ ਬਣੇ ਜਸਕਰਨ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਉਨ੍ਹਾਂ ਜਸਕਰਨ ਸਿੰਘ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਿੱਖਿਆ, ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਵੀ ਮੌਜੂਦ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ) ਪ੍ਰੀਖਿਆਵਾਂ ਦੇ ਚਾਹਵਾਨਾਂ ਨੂੰ ਕੋਚਿੰਗ ਦੇਣ ਲਈ ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਤਾਂ ਜੋ ਕੇਂਦਰੀ ਸੇਵਾਵਾਂ, ਖਾਸ ਕਰਕੇ ਯੂ.ਪੀ.ਐਸ.ਸੀ ਦੁਆਰਾ ਆਯੋਜਿਤ ਪ੍ਰੀਖਿਆਵਾਂ ਵਿੱਚ ਸੂਬੇ ਦੇ ਉਮੀਦਵਾਰਾਂ ਦੇ ਘਟਦੇ ਅਨੁਪਾਤ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਸਕਰਨ ਇੱਕ ਦਿਨ ਚੀਫ ਸੈਕਟਰੀ ਬਣੇਗਾ।
Category
🗞
News